ਦਿਹਾਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਸਐਸਪੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸੀਆਈਏ ਸਟਾਫ ਦੀਆਂ ਟੀਮਾਂ ਨੇ ਲਗਾਤਾਰ ਤਕਨੀਕੀ ਜਾਂਚ ਅਤੇ ਸਾਈਬਰ ਟ੍ਰੈਕਿੰਗ ਰਾਹੀਂ 120 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ।
ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁੰਮ ਹੋਏ ਮੋਬਾਈਲ ਫੋਨਾਂ ਸਬੰਧੀ ਸ਼ਿਕਾਇਤਾਂ ਨੂੰ ਸੰਯੁਕਤ ਕੇਂਦਰਾਂ ਵਿੱਚ ਦਰਜ ਕਰਕੇ CEIR ਪੋਰਟਲ (Central Equipment Identity Register) ’ਤੇ ਅਪਲੋਡ ਕੀਤਾ ਜਾਂਦਾ ਹੈ। ਇਸ ਪੋਰਟਲ ਰਾਹੀਂ ਗੁੰਮ ਹੋਏ ਮੋਬਾਈਲ ਫੋਨਾਂ ਦੀ ਟ੍ਰੈਕਿੰਗ ਕੀਤੀ ਜਾਂਦੀ ਹੈ ਅਤੇ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਸਬੰਧਤ ਥਾਣਿਆਂ ਅਤੇ ਸੀਆਈਏ ਸਟਾਫ ਨਾਲ ਜਾਣਕਾਰੀ ਸਾਂਝੀ ਕਰਕੇ ਮੋਬਾਈਲ ਫੋਨਾਂ ਦੀ ਬਰਾਮਦਗੀ ਯਕੀਨੀ ਬਣਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਉਪ-ਇੰਸਪੈਕਟਰ ਬਲਵਿੰਦਰ ਸਿੰਘ, ਥਾਣਾ ਪ੍ਰਭਾਰੀ ਜ਼ਿਲ੍ਹਾ ਸੰਯੁਕਤ ਕੇਂਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਪ੍ਰਭਾਰੀ ਸੀਆਈਏ ਸਟਾਫ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦਿਨ-ਰਾਤ ਮਿਹਨਤ ਕਰਦਿਆਂ ਲਗਭਗ 25 ਲੱਖ ਰੁਪਏ ਮੁੱਲ ਦੇ 120 ਮੋਬਾਈਲ ਫੋਨ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਇਸ ਨਵੀਂ ਬਰਾਮਦਗੀ ਨਾਲ ਹੁਣ ਤੱਕ ਕੁੱਲ 419 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਕੀਮਤੀ ਮੋਬਾਈਲ ਫੋਨਾਂ ਦੀ ਸਫਲ ਵਾਪਸੀ ਨਾਲ ਜਲੰਧਰ ਦਿਹਾਤ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਅਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
ਐਸਐਸਪੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਬਾਈਲ ਫੋਨ ਹਰ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਨਿੱਜੀ ਜਾਣਕਾਰੀ, ਤਸਵੀਰਾਂ, ਬੈਂਕਿੰਗ ਵੇਰਵੇ ਅਤੇ ਹੋਰ ਮਹੱਤਵਪੂਰਨ ਡਾਟਾ ਮੌਜੂਦ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।





